ਪੰਜਾਬ ਲਈ ਹੋ ਗਿਆ ਵੱਡਾ ਐਲਾਨ

ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿਚ ਪੀਣ ਯੋਗ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਭਾਰਤ ਦੇ ਨਾਮੀਂ ‘ਸਕੋਚ ਗਰੁੱਪ’ ਵੱਲੋਂ ਸਨਮਾਨ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਖੇਤਰ ਵਿਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਿਸ਼ਨ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੇਂਡੂ ਖੇਤਰਾਂ ਵਿਚ ਪੀਣ ਯੋਗ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਆਰਸੈਨਿਕ ਪ੍ਰਭਾਵਿਤ 66 ਪਿੰਡਾਂ ਵਿਚ 18.53 ਕਰੋੜ ਰੁਪਏ ਦੀ ਲਾਗਤ ਨਾਲ ਆਰਸੈਨਿਕ ਟਰੀਟਮੈਂਟ ਪਲਾਂਟ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ 37.85 ਕਰੋੜ ਰੁਪਏ ਦੀ ਲਾਗਤ ਨਾਲ 218 ਹੋਰ ਪਿੰਡਾਂ ਵਿਚ ਆਰਸੈਨਿਕ ਟਰੀਟਮੈਂਟ ਪਲਾਂਟ ਅਤੇ ਘਰੇਲੂ ਆਰਸੈਨਿਕ ਟਰੀਟਮੈਂਟ ਯੂਨਿਟ ਲਗਾਏ ਜਾ ਰਹੇ ਹਨ । ਬੁਲਾਰੇ ਨੇ ਕਿਹਾ ਕਿ ਕੈਬਨਿਟ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਪੇਂਡੂ ਖੇਤਰਾਂ ਵਿਚ ਹਰੇਕ ਘਰ ਵਿਚ ਪੀਣ ਯੋਗ ਪਾਣੀ ਦੀ ਸਪਲਾਈ ਅਤੇ ਪਖ਼ਾਨਿਆਂ ਦੀ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਨਵੀਂ ਦਿੱਲੀ ਦੀ ਨਾਮੀਂ ‘ਸਕੋਚ ਸੰਸਥਾ’ ਵੱਲੋਂ ‘ਸਕੋਚ ਆਰਡਰ ਆਫ ਮੈਰਿਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਵਾਰਡ 16 ਜਨਵਰੀ, 2021 ਨੂੰ ਆਨਲਾਈਨ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨ ਸਿਹਤ ਨਾਲ ਸਬੰਧਤ ਇਨ੍ਹਾਂ ਉਪਰਾਲਿਆਂ ਨੂੰ ਭਵਿੱਖ ਵਿਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਵਿਚ 379 ਕਰੋੜ ਰੁਪਏ ਦੀ ਲਾਗਤ ਨਾਲ 4 ਨਹਿਰੀ ਪਾਣੀ ‘ਤੇ ਆਧਾਰਿਤ ਵੱਡੀਆਂ ਜਲ ਯੋਜਨਾਵਾਂ ਵੀ ਉਸਾਰੀਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਨਾਲ ਜ਼ਿਲ੍ਹੇ ਦੇ 359 ਪਿੰਡਾਂ ਨੂੰ ਪੀਣ ਯੋਗ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਬੁਲਾਰੇ ਅਨੁਸਾਰ ਇਨ੍ਹਾਂ ਸਾਰੇ ਉਪਰਾਲਿਆਂ ਦੇ ਮੁਕੰਮਲ ਹੋਣ ਤੋਂ ਬਾਅਦ ਜ਼ਿਲ੍ਹੇ ਦੇ ਤਕਰੀਬਨ 12 ਲੱਖ ਪੇਂਡੂ ਵਸਨੀਕਾਂ ਨੂੰ ਸ਼ੁੱਧ ਪੀਣ ਯੋਗ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਹਰ ਘਰ ‘ਚ ਪਾਣੀ ਦਾ ਕੁਨੈਕਸ਼ਨ ਅਤੇ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਐੱਸ. ਈ. ਜੇ.ਐਸ. ਚਾਹਲ, ਈ.ਈ. ਪੁਨੀਤ ਭਸੀਨ ਅਤੇ ਈ.ਈ. ਚਰਨਦੀਪ ਸਿੰਘ ਦੀ ਟੀਮ ਨੂੰ ਜ਼ਿਲ੍ਹੇ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਮੁੱਦਿਆਂ ਦੇ ਹੱਲ ਲਈ ਵੱਡੇ ਪੱਧਰ ‘ਤੇ ਕੀਤੇ ਉਪਰਾਲਿਆਂ ਲਈ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਵਿਭਾਗ ਸਕੋਚ ਆਰਡਰ ਆਫ਼ ਮੈਰਿਟ ਐਵਾਰਡ” ਹਾਸਲ ਕਰਨ ਵਿਚ ਕਾਮਯਾਬ ਹੋਇਆ ਹੈ।

Leave a Reply

Your email address will not be published. Required fields are marked *

error: Content is protected !!